CM ਭਗਵੰਤ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ‘ਤੇ ਕੀਤਾ ਵੱਡਾ ਐਲਾਨ, ਸੈਲਾਨੀਆਂ ਦੀ ਹੋਵੇਗੀ ਆਮਦ

You are currently viewing CM ਭਗਵੰਤ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ‘ਤੇ ਕੀਤਾ ਵੱਡਾ ਐਲਾਨ, ਸੈਲਾਨੀਆਂ ਦੀ ਹੋਵੇਗੀ ਆਮਦ

ਸੂਬੇ ’ਚ ਸੈਰ ਸਪਾਟਾ ਖ਼ੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ’ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ’ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ’ਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ’ਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ ’ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖ਼ੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖ਼ੇਤਰ ’ਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ’ਚ ਵੱਡਾ ਸੁਧਾਰ ਹੋਵੇਗਾ।