ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਜ਼ਦੀਕ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿਖੇ ਦੇਰ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਸਮੁੱਚੇ ਸਰਹੱਦੀ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਰਿਹਾਇਸ਼ੀ ਮਕਾਨ ‘ਤੇ ਲਗਾਤਾਰ ਦੋ ਗ੍ਰਨੇਡ ਸੁੱਟੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ੋਰਦਾਰ ਧਮਾਕਿਆਂ ਦੀ ਗੂੰਜ ਨਾਲ ਪੂਰੇ ਪਿੰਡ ਵਿੱਚ ਭਗਦੜ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ।
ਇਸ ਖ਼ੌਫ਼ਨਾਕ ਵਾਰਦਾਤ ਦੌਰਾਨ ਮਕਾਨ ਅੰਦਰ ਮੌਜੂਦ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹਨ। ਧਮਾਕਿਆਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ, ਦਰਵਾਜ਼ਿਆਂ ਦੇ ਪਰਖੱਚੇ ਉੱਡ ਗਏ ਅਤੇ ਬਾਹਰ ਖੜ੍ਹੇ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਚੱਲ ਰਿਹਾ ਹੈ।

